ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮੂਹ ਵਿਭਾਗਾਂ ਵੱਲੋਂ ਤਿਆਰ ਕੀਤੀ ਗਈ ਅਗਾਊਂ ਯੋਜਨਾ ਦੀ ਸਮੀਖਿਆ ਕੀਤੀ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਵਿਸਥਾਰਤ ਕਾਰਜਪ੍ਰਣਾਲੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ 24 ਘੰਟੇ ਨਿਗਰਾਨੀ ਰੱਖਣਾ ਜ਼ਰੂਰੀ ਹੈ। ਸ਼੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਜਲ ਭੰਡਾਰ ਵਿੱਚੋਂ ਵੱਧ ਪਾਣੀ ਛੱਡੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹੜ੍ਹ ਸੰਭਾਵਿਤ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਸੀਜ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਅਗਾਊਂ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।







