15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

ਅੱਜ ਤੋਂ 17 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ :- ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ

24 ਜਨਵਰੀ ਨੂੰ ਲੁਧਿਆਣਾ ਵਿੱਚ ਹੋਵੇਗਾ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ

ਲੁਧਿਆਣਾ, 28 ਦਸੰਬਰ (ਪ੍ਰਿਤਪਾਲ ਸਿੰਘ ਪਾਲੀ) ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025’ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ‘ਪੰਜਾਬ ਚੋਣ ਕੁਇੱਜ਼-2025’ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ।

ਸ੍ਰੀ ਜਤਿੰਦਰ ਜੋਰਵਾਲ ਨੇ ਅੱਗੇ ਦੱਸਿਆ ਕਿ ਪਹਿਲੇ ਗੇੜ ਵਿੱਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਅਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com ‘ਤੇ ਕੀਤੀ ਜਾ ਸਕਦੀ ਹੈ।

ਸ੍ਰੀ ਜਤਿੰਦਰ ਜੋਰਵਾਲ ਨੇ ਅੱਗੇ ਦੱਸਿਆ ਕਿ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ ਜਿਸ ਵਿੱਚ ਪਹਿਲਾ ਜੇਤੂ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਅਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟੌਪਰ ਲਈ ਇੱਕ ਸਮਾਰਟਫੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

Leave a Comment

You May Like This