– ਲੁਧਿਆਣਾ ‘ਚ ਪੁਲਿਸ ਨੇ ਦੋ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ‘ਤੇ ਚਲਾਇਆ ਬੁਲਡੋਜ਼ਰ
– ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ 78 ਤਸਕਰਾਂ ਦੀ ਪਛਾਣ ਕੀਤੀ ਗਈ ਹੈ, ਇਨ੍ਹਾਂ ਖਿਲਾਫ ਜਲਦ ਕਾਰਵਾਈ ਕੀਤੀ ਜਾਣੀ – ਕੁਲਦੀਪ ਸਿੰਘ ਚਾਹਲ
ਲੁਧਿਆਣਾ, 25 ਫਰਵਰੀ (ਪ੍ਰਿਤਪਾਲ ਸਿੰਘ ਪਾਲੀ ) ਡਰੱਗ ਮਾਫੀਆ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਅੱਜ ਪਿੰਡ ਤਲਵੰਡੀ ਅਤੇ ਭਾਈ ਹਿੰਮਤ ਸਿੰਘ ਨਗਰ ਵਿਖੇ ਸਥਿਤ ਦੋ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਹੈ।
ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਟੀਮ ਵੱਲੋਂ ਪਿੰਡ ਤਲਵੰਡੀ ਦੇ ਸੋਨੂੰ ਅਤੇ ਦੁੱਗਰੀ ਨੇੜੇ ਭਾਈ ਹਿੰਮਤ ਸਿੰਘ ਨਗਰ ਦੀ ਗਲੀ ਨੰਬਰ 6 ਦੇ ਰਹਿਣ ਵਾਲੇ ਰਾਹੁਲ ਹੰਸ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਢਾਹਿਆ ਗਿਆ। ਸੋਨੂੰ ਅਤੇ ਉਸਦਾ ਪਰਿਵਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਛੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਰਾਹੁਲ ਨੂੰ 2024 ਵਿੱਚ ਦੁੱਗਰੀ ਪੁਲਿਸ ਨੇ 41000 ਤੋਂ ਵੱਧ ਗੋਲੀਆਂ ਅਤੇ 2.15 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ।
ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦੋਵਾਂ ਨਸ਼ਾ ਤਸਕਰਾਂ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਇਹ ਜਾਇਦਾਦਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੋਂ ਪ੍ਰਾਪਤ ਪੈਸੇ ਦੀ ਵਰਤੋਂ ਕਰਕੇ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਖੇਤਰਾਂ ਵਿੱਚ ਰਹਿਣ ਵਾਲੇ ਕੁੱਲ 78 ਅਜਿਹੇ ਤਸਕਰਾਂ ਦੀ ਪਛਾਣ ਕੀਤੀ ਹੈ, ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਦਾਦਾਂ ਜੋ ਜਾਂ ਤਾਂ ਗੈਰ-ਕਾਨੂੰਨੀ ਹਨ ਜਾਂ ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਬਣਾਈਆਂ ਗਈਆਂ ਹਨ, ਆਉਣ ਵਾਲੇ ਦਿਨਾਂ ਵਿੱਚ ਢਾਹ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਲੁਧਿਆਣਾ ਨਗਰ ਨਿਗਮ ਨੂੰ ਹੋਰ ਵੇਰਵੇ ਮੰਗਦੇ ਹੋਏ ਪੱਤਰ ਲਿਖਿਆ ਹੈ। ਨਸਿਆਂ ਦੀ ਕਮਾਈ ਕਰਕੇ ਖਰੀਦੀਆਂ ਗਈਆਂ ਗੱਡੀਆਂ ਵੀ ਪੁਲਿਸ ਵੱਲੋਂ ਜ਼ਬਤ ਕੀਤੀਆਂ ਜਾਣਗੀਆਂ।
ਪੁਲਿਸ ਕਮਿਸ਼ਨਰ ਚਾਹਲ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਤਸਕਰਾਂ ਲਈ ਸਭ ਤੋਂ ਸਖ਼ਤ ਸਜ਼ਾਵਾਂ ਦਾ ਵਾਅਦਾ ਕਰਦਿਆਂ ਜਨਤਾ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਨਸ਼ੀਲੇ ਪਦਾਰਥਾਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ।